ਹੁਣੀ-ਹੁਣੀ

ਪੰਜਾਬ ‘ਚ ਬੇਅਦਬੀ ਮਾਮਲਿਆਂ ‘ਤੇ ਸਜ਼ਾ ਲਈ ਆਵੇਗਾ ਨਵਾਂ ਕਾਨੂੰਨ

Punjab News : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਸੂਬਾ ਸਰਕਾਰ ਵੱਲੋਂ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਸਬੰਧੀ ਮਾਮਲਿਆਂ ਲਈ ਸਖ਼ਤ ਸਜ਼ਾ ਯਕੀਨੀ ਬਣਾਉਣ ਲਈ ਕਾਨੂੰਨ ਲਿਆਂਦਾ ਜਾਵੇਗਾ। ਉਨ੍ਹਾਂ ਕਿਹਾ ਕਿ ਆਮ ਲੋਕਾਂ ਦੀਆਂ ਭਾਵਨਾਵਾਂ ਨੂੰ ਸਮਝਦਿਆਂ ਇਹ ਪ੍ਰਕਿਰਿਆ ਜਲਦੀ ਹੀ ਪੂਰੀ ਕੀਤੀ ਜਾਵੇਗੀ ਅਤੇ ਇਸ ਮੁੱਦੇ ’ਤੇ ਜਲਦੀ ਕੈਬਨਿਟ ਮੀਟਿੰਗ ਵੀ ਸੱਦੀ ਜਾਵੇਗੀ। ਆਪਣੀ ਸਰਕਾਰੀ ਰਿਹਾਇਸ਼ ਵਿਖੇ ਅਧਿਕਾਰੀਆਂ ਅਤੇ ਸਰਬ ਧਰਮ ਬੇਅਦਬੀ ਰੋਕੋ ਕਾਨੂੰਨ ਮੋਰਚਾ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਮਹਾਨ ਗੁਰੂਆਂ, ਸੰਤਾਂ ਅਤੇ ਪੈਗੰਬਰਾਂ ਦੀ ਪਵਿੱਤਰ ਧਰਤੀ ਹੈ, ਜਿਨ੍ਹਾਂ ਨੇ ਸਮੁੱਚੀ ਦੁਨੀਆਂ ਨੂੰ ਆਪਸੀ ਪਿਆਰ ਅਤੇ ਸਹਿਣਸ਼ੀਲਤਾ ਦਾ ਰਸਤਾ ਦਿਖਾਇਆ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਪੰਜਾਬ ਸਮਾਜਵਾਦ ਅਤੇ ਧਰਮ ਨਿਰਪੱਖਤਾ ਦੇ ਵਿਲੱਖਣ ਸੁਮੇਲ ਦੇ ਨਾਲ-ਨਾਲ ਫਿਰਕੂ ਸਦਭਾਵਨਾ, ਸ਼ਾਂਤੀ ਅਤੇ ਭਾਈਚਾਰੇ ਦਾ ਪ੍ਰਤੀਕ ਹੈ। ਮੁੱਖ ਮੰਤਰੀ  ਮਾਨ ਨੇ ਦੁਹਰਾਇਆ ਕਿ ਸੂਬਾ ਸਰਕਾਰ ਬੇਅਦਬੀ ਦੀਆਂ ਘਟਨਾਵਾਂ ਦੇ ਦੋਸ਼ੀਆਂ ਲਈ ਮਿਸਾਲੀ ਸਜ਼ਾ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਇਹ ਵੀ ਪੜ੍ਹੋ : ਅਮਰੀਕਾ ਵਿੱਚ ਪੈਦਾ ਹੋਣ ‘ਤੇ ਨਾਗਰਿਕਤਾ ਲਈ ਟਰੰਪ ਸਰਕਾਰ ਨੂੰ ਕੋਰਟ ਤੋਂ ਮਿਲੀ ਵੱਡੀ ਜਿੱਤ

ਮੁੱਖ ਮੰਤਰੀ ਨੇ ਕਿਹਾ ਕਿ ਇਕ ਠੋਸ ਸੂਬਾਈ ਕਾਨੂੰਨ ਬਣਾਉਣ ਲਈ ਸਰਕਾਰ ਵੱਲੋਂ ਕਾਨੂੰਨੀ ਮਾਹਿਰਾਂ ਨਾਲ ਸਲਾਹ-ਮਸ਼ਵਰਾ ਕੀਤਾ ਜਾਵੇਗਾ ਤਾਂ ਜੋ ਅਪਰਾਧੀਆਂ ਨੂੰ ਸਖ਼ਤ ਸਜ਼ਾ ਯਕੀਨੀ ਬਣਾਈ ਜਾ ਸਕੇ। ਹਰ ਇਕ ਲਈ ਨਿਆਂ ਨੂੰ ਯਕੀਨੀ ਬਣਾਉਣ ਪ੍ਰਤੀ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮਾਨ ਨੇ ਕਿਹਾ ਕਿ ਇਨ੍ਹਾਂ ਬੇਅਦਬੀ ਦੀਆਂ ਘਟਨਾਵਾਂ ’ਚ ਸਿੱਧੇ ਜਾਂ ਅਸਿੱਧੇ ਤੌਰ ‘ਤੇ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਤੇ ਮੁਲਜ਼ਮਾਂ ਨੂੰ ਮਿਸਾਲੀ ਸਜ਼ਾ ਦਿੱਤੀ ਜਾਵੇਗੀ। ਸੂਬਾ ਸਰਕਾਰ ਕਾਨੂੰਨ ਦਾ ਖਰੜਾ ਤਿਆਰ ਕਰਨ ਲਈ ਧਾਰਮਿਕ ਸੰਗਠਨਾਂ ਸਮੇਤ ਸਾਰੇ ਭਾਈਵਾਲਾਂ ਨਾਲ ਸਲਾਹ-ਮਸ਼ਵਰਾ ਕਰੇਗੀ ਅਤੇ ਉਨ੍ਹਾਂ ਦੇ ਵਿਚਾਰਾਂ ਨੂੰ ਕਾਨੂੰਨ ’ਚ ਸ਼ਾਮਲ ਕੀਤਾ ਜਾਵੇਗਾ। ਭਾਰਤੀ ਨਿਆਂ ਸੰਹਿਤਾ (ਬੀ. ਐੱਨ. ਐੱਸ.) ’ਚ ਧਾਰਮਿਕ ਸਥਾਨਾਂ ਬਾਰੇ ਤਾਂ ਸਪੱਸ਼ਟ ਉਪਬੰਧ ਹਨ ਪਰ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਬਾਰੇ ਇਸ ’ਚ ਕੋਈ ਉਪਬੰਧ ਨਹੀਂ ਕੀਤਾ ਗਿਆ ਕਿਉਂਕਿ ਇਹ ਵਿਸ਼ਾ ਸਮਵਰਤੀ ਸੂਚੀ ਦੇ ਅਧੀਨ ਆਉਂਦਾ ਹੈ, ਇਸ ਲਈ ਰਾਜ ਕੋਲ ਅਜਿਹਾ ਕਾਨੂੰਨ ਬਣਾਉਣ ਦਾ ਅਧਿਕਾਰ ਹੈ ਅਤੇ ਇਸ ਲਈ ਕਾਨੂੰਨੀ ਰਾਏ ਲਈ ਜਾਵੇਗੀ। 

Post Comment

You May Have Missed